ਪੁਲਿਸ ਵਿਭਾਗ ਨੂੰ ਕਿਹਾ ! ਮਾੜੇ ਅਨਸਰਾਂ, ਅਸਲਾ ਧਾਰਕਾਂ ਤੇ ਪਿਛਲੀਆਂ ਚੋਣਾਂ ਦੌਰਾਨ ਦਰਜ਼ ਹੋਏ ਮੁਕੱਦਮਿਆਂ ਦੀਆਂ ਬਣਾਈਆਂ ਜਾਣ ਸੂਚੀਆਂ
ਲੁਧਿਆਣਾ, 10 ਨਵੰਬਰ (ਰਾਜਕੁਮਾਰ ਸਾਥੀ)। ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਨਿਰਪੱਖ ਮਤਦਾਨ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅਧਿਕਾਰੀਆਂ ਨੂੰ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਕਮਰ ਕੱਸਣ ਅਤੇ ਸੰਵੇਦਨਸ਼ੀਲ ਮੈਪਿੰਗ ਪ੍ਰਕਿਰਿਆ ਨੂੰ ਚੰਗੀ ਤਰ੍ਹਾਂ ਮੁਕੰਮਲ ਕਰਨ ਲਈ ਕਿਹਾ। ਸਹਾਇਕ ਰਿਟਰਨਿੰਗ ਅਫਸਰਾਂ (ਏ.ਆਰ.ਓਜ਼) ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਸ਼ਰਮਾ ਨੇ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਬੂਥਾਂ ਨੂੰ ਸਭ ਤੋਂ ਵੱਧ ਤਰਜੀਹ ਦੇਣ ਲਈ ਕਿਹਾ ਅਤੇ ਉਨ੍ਹਾਂ ਨੂੰ ਫੀਲਡ ਵਿਜ਼ਿਟ ਅਤੇ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਪਛਾਣ ਕਰਨ ਤੋਂ ਬਾਅਦ ਰਿਪੋਰਟ ਭੇਜਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਪੁਲਿਸ ਵਿਭਾਗ ਨੂੰ ਕਿਹਾ ਕਿ ਉਹ ਸਥਾਨਕ ਸਹਾਇਕ ਪੁਲਿਸ ਕਮਿਸ਼ਨਰਾਂ/ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀ.ਐਸ.ਪੀਜ਼) ਅਤੇ ਸਟੇਸ਼ਨ ਹਾਊਸ ਅਫਸਰਾਂ (ਐਸ.ਐਚ.ਓਜ਼) ਨਾਲ ਮੀਟਿੰਗਾਂ ਕਰਕੇ ਸ਼ਰਾਰਤੀ ਅੰਸਰਾਂ ਦੀਆਂ ਸੂਚੀਆਂ ਤਿਆਰ ਕਰਨ। ਇਸ ਤੋਂ ਇਲਾਵਾ ਪੈਰੋਲ ਜੰਪਰ, ਹਿਸਟਰੀ ਸ਼ੀਟਰ, ਬੇਲ ਜੰਪਰ, ਮਾਹੌਲ ਖ਼ਰਾਬ ਕਰਨ ਵਾਲਿਆਂ ਅਤੇ ਹੋਰਾਂ ਬਾਰੇ ਰਿਪੋਰਟਾਂ ਵੀ ਤਿਆਰ ਕੀਤੀਆਂ ਜਾਣ ਤਾਂ ਜੋ ਉਨ੍ਹਾਂ ਦੀਆਂ ਗਤੀਵਿਧੀਆਂ ‘ਤੇ ਤਿੱਖੀ ਨਜ਼ਰ ਰੱਖੀ ਜਾ ਸਕੇ। ਇਸ ਤੋਂ ਇਲਾਵਾ, ਚੋਣਾਂ ਤੋਂ ਪਹਿਲਾਂ ਅਸਲਾ ਧਾਰਕਾਂ, ਸੰਵੇਦਨਸ਼ੀਲ ਹਲਕਿਆਂ ਅਤੇ ਹੋਰਾਂ ਬਾਰੇ ਵੇਰਵੇ ਤਿਆਰ ਕੀਤੇ ਜਾਣੇ ਚਾਹੀਦੇ ਹਨ।