ਲੁਧਿਆਣਾ (ਦੀਪਕ ਸਾਥੀ)। ਡਿਪਟੀ ਕਮਿਸ਼ਨਰ ਪੁਲਿਸ, ਸਥਾਨਕ, ਲੁਧਿਆਣਾ ਰੁਪਿੰਦਰ ਸਿੰਘ ਪੀ.ਪੀ.ਐਸ. ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਸੌਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ ਲੁਧਿਆਣਾ ਅੰਦਰ ਪੈਂਦੇ ਸਪਾ ਤੇ ਮਸਾਜ ਸੈਂਟਰਾਂ ਲਈ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਆਪਣੇ ਹੁਕਮਾਂ ਵਿੱਚ ਕਿਹਾ ਕਿ ਪੁਲਿਸ ਕਮਿਸ਼ਨਰੇਟ ਲੁਧਿਆਣਾ ਏਰੀਏ ਵਿੱਚ ਪੈਂਦੇ ਸਪਾ ਤੇ ਮਸਾਜ ਸੈਂਟਰਾਂ ਦੇ ਰਿਸ਼ੈਪਸ਼ਨ ਏਰੀਆ ਵਿੱਚ ਅੰਦਰ ਆਉਣ ਤੇ ਬਾਹਰ ਜਾਣ ਵਾਲੇ ਰਸਤਿਆਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲੱਗੇ ਹੋਣੇ ਲਾਜ਼ਮੀ ਹਨ ਅਤੇ 30 ਦਿਨ ਦਾ ਰਿਕਾਰਡਿੰਗ ਬੈਕਅੱਪ ਵੀ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸੈਂਟਰਾਂ ਦੇ ਮਾਲਕ ਆਉਣ ਵਾਲੇ ਹਰ ਗ੍ਰਾਹਕ ਦਾ ਫੋਟੋ ਆਈ.ਡੀ. ਰੱਖਣਗੇ ਅਤੇ ਆਪਣੇ ਹਰ ਕਰਮਚਾਰੀ ਦੀ ਪੁਲਿਸ ਵੈਰੀਫਿਕੇਸ਼ਨ ਵੀ ਕਰਵਾਈ ਜਾਵੇ। ਇਸ ਤੋਂ ਇਲਾਵਾ ਇਨ੍ਹਾਂ ਸੈਂਟਰਾਂ ਵਿੱਚ ਕਿਸੇ ਵੀ ਤਰ੍ਹਾਂ ਦਾ ਅੰਦਰ ਅਤੇ ਬਾਹਰ ਜਾਣ ਲਈ ਗੁਪਤ ਰਸਤਾ ਨਹੀਂ ਹੋਣਾ ਚਾਹੀਦਾ ਅਤੇ ਇਨ੍ਹਾਂ ਸੈਂਟਰਾਂ ਦੇ ਮਾਲਕ ਇਹ ਯਕੀਨੀ ਬਣਾਉਣਗੇ ਕਿ ਉਨ੍ਹਾਂ ਦੇ ਸੈਂਟਰਾਂ ਵਿੱਚ ਸ਼ਰਾਬ ਅਤੇ ਹੋਰ ਕਿਸੇ ਵੀ ਪ੍ਰਕਾਰ ਦੇ ਨਸ਼ੇ ਦਾ ਸੇਵਨ ਨਹੀਂ ਹੋਣਾ ਚਾਹੀਦਾ। ਉਨ੍ਹਾਂ ਇਹ ਵੀ ਕਿਹਾ ਕਿ ਸੈਂਟਰਾਂ ਦੇ ਮਾਲਕ ਆਪਣੇ ਕਰਮਚਾਰੀਆਂ ਦੀ ਸੂਚੀ ਤੁਰੰਤ ਨੇੜਲੇ ਥਾਣਿਆਂ ਵਿੱਚ ਜਮ੍ਹਾਂ ਕਰਵਾਉਣਗੇ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਅਗਲੇ 2 ਮਹੀਨੇ ਤੱਕ ਲਾਗੂ ਰਹਿਣਗੇ।