-ਹਲਕੇ ‘ਚ ਅਜਿਹੇ 3 ਹੋਰ ਸੈਂਟਰ ਕੀਤੇ ਜਾਣਗੇ ਸੁਰੂ – ਵਿਧਾਇਕ ਕੁਲਦੀਪ ਸਿੰਘ ਵੈਦ
-ਇਨ੍ਹਾਂ ਕੇਂਦਰਾਂ ‘ਤੇ ਵਸਨੀਕਾਂ ਲਈ 62 ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ – ਵੈਦ
ਲੁਧਿਆਣਾ, 03 ਜੁਲਾਈ (ਰਾਜਕੁਮਾਰ ਸਾਥੀ) । ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਸੁਵਿਧਾ ਸੈਂਟਰ ਦਾ ਉਦਘਾਟਨ ਕੀਤਾ ਗਿਆ, ਜੋਕਿ ਹਲਕਾ ਗਿੱਲ ਵਿਧਾਇਕ ਸ. ਕੁਲਦੀਪ ਸਿੰਘ ਵੈਦ ਦੁਆਰਾ ਗਿੱਲ ਹਲਕੇ ਦੇ ਵਸਨੀਕਾਂ ਲਈ ਪਿੰਡ ਬੱਲੋਕੇ ਵਿੱਚ ਸਥਾਪਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਕੇਂਦਰ ਸਾਰੀਆਂ ਭਲਾਈ ਸਕੀਮਾਂ ਦਾ ਲਾਭ ਪ੍ਰਦਾਨ ਕਰਨ ਲਈ ਸਥਾਪਤ ਕੀਤਾ ਜਾ ਰਿਹਾ ਹੈ।
ਇਸ ਸੁਵਿਧਾ ਕੇਂਦਰ ਦਾ ਉਦਘਾਟਨ ਕਰਦਿਆਂ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਲੋਕ ਸਰਕਾਰੀ ਭਲਾਈ ਸਕੀਮਾਂ ਦਾ ਪੂਰਾ ਲਾਭ ਲੈ ਸਕਣਗੇ। ਉਨ੍ਹਾਂ ਕਿਹਾ ਕਿ ਇਸ ਕੇਂਦਰ ਵਿੱਚ, ਸਮਰਪਿਤ ਸਟਾਫ ਦੀ ਨਿਯੁਕਤੀ ਕੀਤੀ ਗਈ ਹੈ, ਜੋ ਵਸਨੀਕਾਂ ਨੂੰ ਉਨ੍ਹਾਂ ਦੇ ਦਸਤਾਵੇਜ਼ ਫਾਈਲਾਂ ਪੂਰੀਆਂ ਕਰਨ ਨੂੰ ਯਕੀਨੀ ਬਣਾਉਣ ਲਈ ਸੇਧ ਦੇਣਗੇ।
ਵਿਧਾਇਕ ਸ. ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਲੋਕ 62 ਸੇਵਾਵਾਂ ਦਾ ਪੂਰੀ ਤਰ੍ਹਾਂ ਮੁਫਤ ਦਾ ਲਾਭ ਲੈ ਸਕਣਗੇ, ਜਿਨ੍ਹਾਂ ਲਈ ਲੋਕਾਂ ਨੂੰ ਪਹਿਲਾਂ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਢਣੇ ਪੈਂਦੇ ਸਨ। ਉਨ੍ਹਾਂ ਕਿਹਾ ਕਿ ਇਸ ਕੇਂਦਰ ਵਿਚ ਤਜ਼ਰਬੇਕਾਰ ਸਟਾਫ ਦੀ ਨਿਯੁਕਤੀ ਕੀਤੀ ਗਈ ਹੈ ਅਤੇ ਭਰੋਸਾ ਦਿੱਤਾ ਕਿ ਤਿੰਨ ਹੋਰ ਅਜਿਹੇ ਕੇਂਦਰ ਜਲਦ ਹੀ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਗਿੱਲ ਹਲਕੇ ਵਿੱਚ 200 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ, ਜਦੋਂ ਕਿ ਕਈ ਹੋਰ ਕਾਰਜਸ਼ੀਲ ਹਨ।
ਸ.ਵੈਦ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਨਤਾ ਲਈ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਹੋਰ ਵਸਨੀਕਾਂ ਦੇ ਲਾਭਹਿੱਤ ਪੰਜਾਬ ਸਰਕਾਰ ਕਈ ਹੋਰ ਯੋਜਨਾਵਾਂ ਤੋਂ ਇਲਾਵਾ 10 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਬਿਜਲੀ ਸਬਸਿਡੀ ਦੇ ਰਹੀ ਹੈ।