ਲੁਧਿਆਣਾ (ਰਾਜਕੁਮਾਰ ਸਾਥੀ) । 2012 ਬੈਚ ਦੇ ਆਈ.ਏ.ਐਸ. ਅਧਿਕਾਰੀ ਮੋਗਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਡਿਪਟੀ ਕਮਿਸ਼ਨਰ ਲੁਧਿਆਣਾ ਵਜੋਂ ਵਾਧੂ ਚਾਰਜ ਸੰਭਾਲ ਲਿਆ ਹੈ। ਉਹ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ, ਆਈ.ਏ.ਐਸ. ਦੇ ਛੁੱਟੀ ਦੇ ਸਮੇਂ ਦੌਰਾਨ ਲੁਧਿਆਣਾ ਪ੍ਰਸ਼ਾਸਨ ਦੀ ਅਗਵਾਈ ਕਰਨਗੇ। ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁੱਜੇ ਜਿੱਥੇ ਉਨ੍ਹਾਂ ਆਪਣਾ ਵਾਧੂ ਚਾਰਜ ਸੰਭਾਲ ਲਿਆ। ਉਨ੍ਹਾਂ ਦਾ ਲੁਧਿਆਣਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਸਮੇਤ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ, ਐਸ.ਡੀ.ਐਮ. ਵਿਕਾਸ ਹੀਰਾ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਅਤੇ ਹੋਰ ਅਧਿਕਾਰੀਆਂ ਵੱਲੋਂ ਸਵਾਗਤ ਕੀਤਾ ਗਿਆ। ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵਲੋਂ ਲੁਧਿਆਣਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸ਼ੁਰੂਆਤੀ ਮੀਟਿੰਗ ਕੀਤੀ, ਉਪਰੰਤ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਨੇਪਰੇ ਚਾੜ੍ਹਨ ਨੂੰ ਪਹਿਲ ਦਿੱਤੀ ਜਾਵੇ ਤਾਂ ਜੋ ਇਨ੍ਹਾਂ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾ ਸਕੇ।