ਕਿਹਾ! ਜਨਤਾ ਦੀ ਸਹੂਲਤ ਲਈ ਬਿੱਲਾਂ ਦੀ ਬਕਾਇਆ ਰਾਸ਼ੀ ਆਸਾਨ ਕਿਸ਼ਤਾਂ ‘ਚ ਲਈ ਜਾਵੇ
ਨਗਰ ਨਿਗਮ ਦੇ ਅਧਿਕਾਰੀਆਂ ਨਾਲ ਵੀ ਕੀਤੀ ਮੀਟਿੰਗ, ਸ਼ਹਿਰ ਦੀ ਸਫਾਈ ਵਿਵਸਥਾ ‘ਤੇ ਦਿੱਤਾ ਜ਼ੋਰ, ਨਿਊ ਸ਼ਾਮ ਨਗਰ ਵਿਖੇ ਕੂੜੇ ਦਾ ਪੁਰਾਣਾ ਡੰਪ ਵੀ ਚੁਕਵਾਇਆ
ਲੁਧਿਆਣਾ (ਰਾਜਕੁਮਾਰ ਸਾਥੀ)। ਲੁਧਿਆਣਾ ਪੱਛਮੀ ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਨੇ ਸਰਕਟ ਹਾਊਸ ਵਿਖੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਉਚ ਅਧਿਕਾਰੀਆਂ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਜਿਹੜੇ ਖ਼ਪਤਕਾਰਾਂ ਦੇ ਬਿਜਲੀ ਦੇ ਕੁਨੈਕਸ਼ਨ ਕੱਟੇ ਹੋਏ ਹਨ, ਉਨ੍ਹਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਦੇ ਨਾਲ ਪੀ.ਐਸ.ਪੀ.ਸੀ.ਐਲ. ਦੇ ਚੀਫ ਇੰਜੀਨੀਅਰ ਸ. ਜਸਬੀਰ ਸਿੰਘ ਭੁੱਲਰ ਅਤੇ ਡਿਪਟੀ ਚੀਫ ਇੰਜੀਨੀਅਰ ਸ੍ਰੀ ਸੰਜੀਵ ਪ੍ਰਭਾਕਰ ਵੀ ਮੌਜੂਦ ਸਨ। ਵਿਧਾਇਕ ਗੋਗੀ ਨੇ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਜਨਤਾ ਵੱਲੋਂ ਆਪਣਾ ਫਤਵਾ ਜਾਰੀ ਕਰਦਿਆਂ ਆਮ ਲੋਕਾਂ ਵਾਲੀ ‘ਆਮ ਆਦਮੀ ਪਾਰਟੀ’ ਦੀ ਸਰਕਾਰ ਬਣਾਈ ਗਈ ਹੈ। ਉਨਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਮ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸ ਦੇ ਤਹਿਤ ਉਨ੍ਹਾਂ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ‘ਚ ਜਿਹੜੇ ਖਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਬਿੱਲਾਂ ਦਾ ਭੁਗਤਾਨ ਨਾ ਹੋਣ ਕਰਕੇ ਕੱਟੇ ਗਏ ਸਨ ਉਨ੍ਹਾਂ ਨੂੰ ਫੋਰੀ ਤੌਰ ‘ਤੇ ਬਹਾਲ ਕੀਤਾ ਜਾਵੇ। ਉਨ੍ਹਾ ਇਹ ਵੀ ਨਿਰਦੇਸ਼ ਦਿੱਤੇ ਕਿ ਖ਼ਪਤਾਕਾਰਾਂ ਦੇ ਬਕਾਇਆ ਬਿੱਲਾਂ ਨੂੰ ਆਸਾਨ ਕਿਸ਼ਤਾਂ ਵਿੱਚ ਵਸੂਲਿਆ ਜਾਵੇ ਤਾਂ ਜੋ ਖ਼ਪਤਕਾਰਾਂ ਨੂੰ ਵੀ ਬਕਾਇਆ ਰਾਸ਼ੀ ਦੀ ਅਦਾਇਗੀ ਕਰਨ ਲਈ ਕੋਈ ਔਕੜ ਪੇਸ਼ ਨਾ ਆਵੇ। ਉਨ੍ਹਾਂ ਖ਼ਪਤਾਕਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਨੂੰ ਸਹਿਯੋਗ ਦੇਣ ਅਤੇ ਤੁਰੰਤ ਆਪਣੇ ਸਬੰਧਤ ਬਿਜਲੀ ਦਫ਼ਤਰ ਵਿਖੇ ਸੰਪਰਕ ਕਰਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਦੇਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਸੁਧਾਰ ਲਿਆਂਦਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਆਮ ਜਨਤਾ ਦੀ ਸਹੂਲਤ ਲਈ ਆਪਣੇ ਦਫ਼ਤਰਾਂ ਵਿੱਚ ਹੈਲਪ ਡੈਸਕ ਵੀ ਸਥਾਪਤ ਕਰਨ। ਮੀਡੀਆ ਵੱਲੋਂ ਪੁੱਛੇ ਗਏ ਸਵਾਲ ਦਾ ਜੁਆਬ ਦਿੰਦਿਆਂ ਡਿਪਟੀ ਚੀਫ ਇੰਜੀਨੀਅਰ ਪ੍ਰਭਾਕਰ ਨੇ ਕਿਹਾ ਕਿ ਲਗਭਗ 23 ਹਜ਼ਾਰ ਦੇ ਕਰੀਬ ਸ਼ਹਿਰ ਵਿੱਚ ਘਰੇਲੂ ਅਤੇ ਕਮਰਸ਼ੀਅਲ ਕੁਨੈਕਸ਼ਨ ਬਿੱਲ ਜਮ੍ਹਾਂ ਨਾ ਕਰਵਾਏ ਜਾਣ ਕਰਕੇ ਕੱਟੇ ਗਏ ਹਨ ਜਿਸਦੀ ਖ਼ਪਤਕਾਰਾਂ ਵੱਲ ਕਰੀਬ 160 ਤੋਂ 165 ਕਰੋੜ ਦੀ ਬਕਾਇਆ ਰਾਸ਼ੀ ਖੜੀ ਹੈ। ਪ੍ਰੈਸ ਕਾਨਫਰੰਸ ਤੋਂ ਪਹਿਲਾਂ ਉਨ੍ਹਾਂ ਲੋਕਾਂ ਦੀ ਲੰਬੇ ਸਮੇਂ ਤੋ. ਚੱਲ ਰਹੀ ਮੰਗ ਦਾ ਨਿਪਟਾਰਾ ਕਰਦੇ ਹੋਏ ਗੋਗੀ ਨੇ ਨਿਊ ਸ਼ਾਮ ਨਗਰ ਨੇੜੇ ਸੁਨੇਤ ਫਾਟਕਾਂ ਵਿਖੇ ਲੱਗਾ ਪੁਰਾਣਾ ਕੂੜੇ ਦਾ ਡੰਪ ਵੀ ਨਗਰ ਨਿਗਮ ਦੇ ਅਧਿਕਾਰੀਆਂ ਰਾਹੀਂ ਚੁਕਵਾਇਆ, ਜਿਸ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ। ਪ੍ਰੈਸ ਕਾਨਫਰੰਸ ਤੋਂ ਬਾਅਦ ਵਿਧਾਇਕ ਗੋਗੀ ਨੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ਹਿਰ ਵਿੱਚ ਥਾਂ-ਥਾਂ ਲੱਗੇ ਕੂੜੇ ਦੇ ਡੰਪ ਤੁਰੰਤ ਖ਼ਤਮ ਕੀਤੇ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਸਟਾਫ ਦੀ ਦਿਨ-ਰਾਤ ਸ਼ਿਫਟਾਂ ਵਿੱਚ ਡਿਊਟੀ ਲਗਾ ਕੇ ਅਣ-ਅਧਿਕਾਰਤ ਥਾਵਾਂ ‘ਤੇ ਕੂੜਾ ਸੁੱਟਣ ਵਾਲਿਆਂ ‘ਤੇ ਵੀ ਨਜ਼ਰ ਰੱਖੀ ਜਾਵੇ ਤਾਂ ਜੋ ਸ਼ਹਿਰ ਦੀ ਸਫਾਈ ਵਿਵਸਥਾ ਵਿੱਚ ਸੁਧਾਰ ਹੋ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨਿਗਮ ਨੂੰ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਲੱਗਣ ਵਾਲੀਆਂ ਸਬਜ਼ੀ ਮੰਡੀਆਂ ਵਿੱਚ ਸਰਗਰਮ ਮਾਫੀਆਂ ‘ਤੇ ਨਕੇਲ ਕੱਸਣ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਗਰੀਬ ਰੇਹੜੀਆਂ ਵਾਲਿਆਂ ਪਾਸੋਂ ਧੱਕੇ ਨਾਲ ਉਗਰਾਹੀ ਕੀਤੀ ਜਾਂਦੀ ਹੈ। ਉਨ੍ਹਾਂ ਸਬਜ਼ੀ ਵਿਕਰੇਤਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਿਡਰ ਹੋ ਕੇ ਆਪਣਾ ਕੰਮ ਕਰਨ। ਮੀਟਿੰਗ ਦੌਰਾਨ ਉਨ੍ਹਾਂ ਨਾਲ ਨਗਰ ਨਿਗਮ ਦੇ ਸੀਨੀਅਰ ਅਧਿਕਾਰੀ ਤੇ ਸਟਾਫ ਤੋਂ ਇਲਾਵਾ ਉਨ੍ਹਾਂ ਦੀ ਟੀਮ ਵਿੱਚ ਸ੍ਰੀ ਗੋਲਡੀ ਸ਼ਰਮਾ, ਸ੍ਰੀ ਪਰਮਵੀਰ ਸਿੰਘ ਅਠਵਾਲ, ਸ੍ਰੀ ਸਤਵੀਰ ਸਿੰਘ, ਸ੍ਰੀ ਸਤਨਾਮ ਸਿੰਘ ਸੰਨੀ ਮਾਸਟਰ ਅਤੇ ਸ੍ਰੀ ਧਰੁਵ ਅਗਰਵਾਲ ਵੀ ਹਾਜ਼ਰ ਸਨ। ਵਿਧਾਇਕ ਸ੍ਰੀ ਗੋਗੀ ਨੇ ਕਿਹਾ ਸੂਬੇ ਵਿੱਚ ਸ.ਭਗਵੰਤ ਸਿੰਘ ਮਾਨ ਦੀ ਅਗੁਵਾਈ ਵਾਲੀ ਸਰਕਾਰ ਆਮ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।