ਹੈਲਪ ਡੈਸਕ ‘ਤੇ ਕਰਮਚਾਰੀਆਂ ਦੀ ਤਾਇਨਾਤੀ ਦੇ ਨਿਰਦੇਸ਼, ਅਧਿਕਾਰੀਆਂ/ਕਰਮਚਾਰੀਆਂ ਨੂੰ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ, ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ
ਲੁਧਿਆਣਾ (ਰਾਜਕੁਮਾਰ ਸਾਥੀ)। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਏ.ਸੀ.) ਵਿੱਚ ਵੱਖ-ਵੱਖ ਦਫ਼ਤਰਾਂ ਅਤੇ ਸ਼ਾਖਾਵਾਂ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ। ਜਿਨ੍ਹਾਂ ਦਫ਼ਤਰਾਂ ਦੀ ਚੈਕਿੰਗ ਕੀਤੀ ਗਈ, ਉਨ੍ਹਾਂ ਵਿੱਚ ਐਸ.ਡੀ.ਐਮ. ਦਫ਼ਤਰ, ਐਮ.ਏ. ਦਫ਼ਤਰ, ਟਰਾਂਸਪੋਰਟ ਵਿਭਾਗ ਦਾ ਇੱਕ ਸੈਕਸ਼ਨ ਅਤੇ ਰਿਕਾਰਡ ਰੂਮ ਸ਼ਾਮਲ ਹਨ। ਡਿਪਟੀ ਕਮਿਸ਼ਨਰ ਸਾਹਨੀ ਨੇ ਸਾਰੇ ਕਰਮਚਾਰੀਆਂ ਨੂੰ ਕੰਮ ਦੇ ਸਮੇਂ ਦੌਰਾਨ ਆਪਣੇ ਦਫ਼ਤਰਾਂ ਵਿੱਚ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ। ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਨੂੰ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕਰਨ ਲਈ ਪ੍ਰੇਰਿਆ। ਉਨ੍ਹਾਂ ਨੇ ਇਨ੍ਹਾਂ ਦਫਤਰਾਂ ਦੇ ਕੰਮਕਾਜ ਵਿੱਚ ਢੁੱਕਵੇਂ ਪ੍ਰਬੰਧਨ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕੋਰੀਡੋਰ ਨੂੰ ਪਾਰ ਕਰਦਿਆਂ, ਸਾਹਨੀ ਨੇ ਅਧਿਕਾਰੀਆਂ ਨੂੰ ਰੋਸ਼ਨੀ ਵਿੱਚ ਸੁਧਾਰ ਕਰਨ ਅਤੇ ਜਨਤਾ ਲਈ ਉੱਚਿਤ ਅਤੇ ਢੁਕਵੇਂ ਬੈਠਣ ਦੇ ਪ੍ਰਬੰਧ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਸੇਵਾਵਾਂ ਦੀ ਸਪੁਰਦਗੀ ਨੂੰ ਸੌਖਾ ਬਣਾਉਣ ਲਈ ਹੋਰ ਵਿੰਡੋਜ਼ ਸਥਾਪਤ ਕਰਨ ਦੀ ਸੰਭਾਵਨਾ ਦੀ ਪੜਚੋਲ ਕਰਨ ਦਾ ਸੁਝਾਅ ਵੀ ਦਿੱਤਾ। ਡਿਪਟੀ ਕਮਿਸ਼ਨਰ ਸਾਹਨੀ ਨੇ ਲੋਕਾਂ ਵਿੱਚ ਸਰਕਾਰ ਅਤੇ ਇਸ ਦੇ ਕੰਮਕਾਜ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੇ ਭਲੇ ਲਈ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਲਾਗੂ ਕਰਨ ਲਈ ਵਚਨਬੱਧ ਹੈ। ਨਿਰੀਖਣ ਦੌਰਾਨ ਸਾਹਨੀ ਨੇ ਇਨ੍ਹਾਂ ਦਫ਼ਤਰਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਅਤੇ ਉਨ੍ਹਾਂ ਨੂੰ ਮਿਲਣ ਆਉਣ ਵਾਲੇ ਲੋਕਾਂ ਨਾਲ ਵੀ ਗੱਲਬਾਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਓਜਸਵੀ ਅਲੰਕਾਰ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।