ਪ੍ਰੋਜੈਕਟ ਨੂੰ ਜਲਦ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਲੁਧਿਆਣਾ (ਰਾਜਕੁਮਾਰ ਸਾਥੀ)। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਹਲਵਾਰਾ ਸਿਵਲ ਏਅਰਪੋਰਟ ਦੇ ਨਿਰਮਾਣ ਵਿੱਚ ਹੋਈ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਚੱਲ ਰਹੇ ਕਾਰਜ਼ਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦੇ ਪ੍ਰਮੁੱਖ ਪ੍ਰੋਜੈਕਟਾਂ ਵਿੱਚੋਂ ਇੱਕ ਹੈ ਅਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਇਸ ਪ੍ਰਾਜੈਕਟ ਨੂੰ ਜਲਦ ਮੁਕੰਮਲ ਕਰਨ ਲਈ ਪਹਿਲਾਂ ਹੀ ਸਪੱਸ਼ਟ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਟਰਮੀਨਲ ਬਿਲਡਿੰਗ, ਰਨਵੇਅ, ਪਾਰਕਿੰਗ, ਰੋਸ਼ਨੀ, ਸੀ.ਸੀ.ਟੀ.ਵੀ. ਕੈਮਰੇ, ਅੱਗ ਬੁਝਾਊ ਪ੍ਰਬੰਧ, ਬਿਜਲੀ ਕੁਨੈਕਸ਼ਨ, ਸੁਰੱਖਿਆ ਅਤੇ ਹੋਰਾਂ ਸਮੇਤ ਉੱਥੇ ਕੀਤੇ ਜਾ ਰਹੇ ਹਰੇਕ ਕੰਮ ਬਾਰੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਡਿਪਟੀ ਕਮਿਸ਼ਨਰ ਸਾਹਨੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪ੍ਰੋਜੈਕਟ ਨੂੰ ਪੂਰੀ ਤਰਜੀਹ ਦੇਣ ਅਤੇ ਕਿਸੇ ਵੀ ਪੱਧਰ ‘ਤੇ ਪ੍ਰੋਜੈਕਟ ਦੇ ਸੁਚਾਰੂ ਕੰਮ ਵਿੱਚ ਕਿਸੇ ਕਿਸਮ ਦੀ ਰੁਕਾਵਟ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਉਦਯੋਗਿਕ ਵਿਕਾਸ, ਨਿਰਯਾਤ, ਰੁਜ਼ਗਾਰ, ਰੀਅਲ ਅਸਟੇਟ ਅਤੇ ਹੋਰਾਂ ਦੇ ਰੂਪ ਵਿੱਚ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਦੇਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਨਾਲ ਪ੍ਰਵਾਸੀ ਭਾਰਤੀਆਂ ਨੂੰ ਇੱਥੇ ਆਪਣੇ ਪਰਿਵਾਰਾਂ ਨਾਲ ਜੁੜੇ ਰਹਿਣ ਦੇ ਨਾਲ-ਨਾਲ ਉਨ੍ਹਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰਨ ਦੀ ਸਹੂਲਤ ਮਿਲੇਗੀ।