ਡੀ.ਸੀ. ਵੱਲੋਂ ਪੀ.ਯੂ.ਈ.ਆਈ.ਪੀ ਅਤੇ ਐਸ.ਵੀ.ਸੀ ਸਕੀਮ ਤਹਿਤ ਚੱਲ ਰਹੇ ਪ੍ਰਾਜੈਕਟਾਂ ਦੀ ਕੀਤੀ ਸਮੀਖਿਆ
ਲੁਧਿਆਣਾ (ਰਾਜਕੁਮਾਰ ਸਾਥੀ)। ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਪੰਜਾਬ ਅਰਬਨ ਐਨਵਾਇਰਨਮੈਂਟ ਇੰਪਰੂਵਮੈਂਟ ਪ੍ਰੋਗਰਮ (ਪੀ.ਯੂ.ਈ.ਆਈ.ਪੀ) ਅਤੇ ਸਮਾਰਟ ਵਿਲੇਜ ਕੰਪੇਨ (ਐਸ.ਵੀ.ਸੀ) ਸਕੀਮ ਤਹਿਤ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ। ਡਿਪਟੀ ਕਮਿਸ਼ਨਰ ਵੱਲੋਂ ਸਥਾਨਕ ਬਚਤ ਭਵਨ ਵਿਖੇ ਪੰਜਾਬ ਅਰਬਨ ਐਨਵਾਇਰਨਮੈਂਟ ਇੰਪਰੂਵਮੈਂਟ ਪ੍ਰੋਗਰਮ (ਪੀ.ਯੂ.ਈ.ਆਈ.ਪੀ) ਅਤੇ ਸਮਾਰਟ ਵਿਲੇਜ ਕੰਪੇਨ ਦੀ ਪ੍ਰਗਤੀ ਬਾਰੇ ਵਿਚਾਰ ਵਟਾਂਦਰੇ ਲਈ ਰੱਖੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਮੂਹ ਉਪ ਮੰਡਲ ਮੈਜਿਸਟਰੇਟ (ਐਸ.ਡੀ.ਐਮਜ਼) ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕੰਮ ਸ਼ੁਰੂ ਕੀਤੇ ਜਾ ਚੁੱਕੇ ਹਨ ਅਤੇ ਲੋਕਾਂ ਦੀ ਭਲਾਈ ਲਈ ਨਿਰਧਾਰਤ ਸਮਾਂ ਸੀਮਾਂ ਦੇ ਅੰਦਰ ਇਨ੍ਹਾਂ ਨੂੰ ਪੂਰਾ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਸਰਬਪੱਖੀ ਵਿਕਾਸ ਨੂੰ ਹੁਲਾਰਾ ਦੇਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸਕੀਮ ਅਧੀਨ ਚੱਲ ਰਹੇ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਲਈ ਨਿਰਧਾਰਤ ਸਮਾਂ-ਸੀਮਾ ਦੀ ਪਾਲਣਾ ਕਰਨ। ਉਨ੍ਹਾਂ ਦੱਸਿਆ ਕਿ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਾਉਣ ਵਿੱਚ ਹੋਰ ਦੇਰੀ ਨਹੀਂ ਹੋਣੀ ਚਾਹੀਦੀ ਤਾਂ ਜੋ ਹੋਰ ਫੰਡ ਮੰਗੇ ਜਾ ਸਕਣ। ਉਨ੍ਹਾਂ ਕਿਹਾ ਕਿ ਇਹ ਫੰਡ ਜ਼ਿਲੇ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਵੱਡਾ ਹੁਲਾਰਾ ਦੇਣਗੇ। ਸ੍ਰੀ ਸ਼ਰਮਾ ਨੇ ਦੱਸਿਆ ਕਿ ਲੋਕਾਂ ਦੀ ਭਲਾਈ ਲਈ ਇਨ੍ਹਾਂ ਯੋਜਨਾਵਾਂ ਤਹਿਤ ਵਿਕਾਸ ਪ੍ਰਾਜੈਕਟਾਂ ਨੂੰ ਕੁਸ਼ਲਤਾ ਨਾਲ ਚਲਾਉਣ ਅਤੇ ਸਮੇਂ ਸਿਰ ਮੁਕੰਮਲ ਕਰਨ ਲਈ ਇਕ ਵਿਸਤ੍ਰਿਤ ਪ੍ਰਣਾਲੀ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੁਆਰਾ ਨਿਰਮਾਣ ਕਾਰਜਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਇਸ ਅਨੁਸਾਰ ਉੱਚ ਪੱਧਰ ‘ਤੇ ਰਿਪੋਰਟਾਂ ਵੀ ਭੇਜੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਯੋਜਨਾਵਾਂ ਦਾ ਮੁੱਖ ਮੰਤਵ ਜ਼ਿਲ੍ਹੇ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸੰਦੀਪ ਕੁਮਾਰ ਅਤੇ ਹੋਰ ਵੀ ਹਾਜ਼ਰ ਸਨ।