-ਚੇਅਰਮੈਨਾਂ ਵੱਲੋਂ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ‘ਚ ਅਹਿਮ ਭੂਮਿਕਾ ਨਿਭਾਉਣ ਦਾ ਦਿੱਤਾ ਸੱਦਾ
-ਪੁਲਿਸ ਕਮਿਸ਼ਨਰ ਵੱਲੋਂ 19 ਜੂਨ ਤੋਂ ਹਫ਼ਤੇ ਭਰ ਲਈ ਨਸ਼ਾ ਵਿਰੋਧੀ ਮੁਹਿੰਮ ਚਲਾਈ
ਲੁਧਿਆਣਾ (ਰਾਜਕੁਮਾਰ ਸਾਥੀ)। ਵਿਧਾਇਕ ਸੁਰਿੰਦਰ ਡਾਵਰ, ਲਖਬੀਰ ਸਿੰਘ ਲੱਖਾ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਲਈ ਇਕ ਹਫ਼ਤਾ ਜਾਗਰੂਕਤਾ ਅਭਿਆਨ ਚਲਾਵੇਗੀ, ਤਾਂ ਜੋ ਨੌਜਵਾਨਾਂ ਦੀ ਬੇਅੰਤ ਊਰਜ਼ਾ ਨੂੰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਨਸ਼ਾ ਵਿਰੋਧੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਏ ਜਾਣ ਵਾਲੇ ਰਾਜ ਪੱਧਰੀ ਵਰਚੁਅਲ ਸਮਾਰੋਹ ਵਿੱਚ ਹਿੱਸਾ ਲੈਂਦੇ ਹੋਏ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਦੇ ਨਾਲ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ.ਮਲਕੀਤ ਸਿੰਘ ਦਾਖਾ, ਪੀ.ਐਲ.ਆਈ.ਡੀ.ਬੀ. ਦੇ ਚੇਅਰਮੈਨ ਸ੍ਰੀ ਪਵਨ ਦੀਵਾਨ, ਪੀ.ਐਮ.ਆਈ.ਡੀ.ਬੀ. ਦੇ ਚੇਅਰਮੈਨ ਸ.ਅਮਰਜੀਤ ਸਿੰਘ ਟਿੱਕਾ, ਪੀ.ਵਾਈ.ਡੀ.ਬੀ. ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ, ਪੀ.ਐਸ.ਆਈ.ਡੀ.ਸੀ. ਦੇ ਚੇਅਰਮੈਨ ਸ.ਕੇ.ਕੇ. ਬਾਵਾ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ. ਯਾਦਵਿੰਦਰ ਸਿੰਘ ਜੰਡਿਆਲੀ, ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਸੁੰਦਰ ਮਲਹੋਤਰਾ, ਜੁਆਇੰਟ ਕਮਿਸ਼ਨਰ ਪੁਲਿਸ ਸ੍ਰੀ ਜੇ ਐਲਨਚੇਜਿਅਨ ਨੇ ਕਿਹਾ ਕਿ ਰਾਜ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ, ਹੁਣ ਇਹ ਫੈਸਲਾ ਲਿਆ ਗਿਆ ਹੈ ਸਕੂਲ ਅਤੇ ਕਾਲਜ ਵਿਦਿਆਰਥੀਆਂ ਰਾਹੀਂ ਇੱਕ ਵੱਡੀ ਜਾਗਰੂਕਤਾ ਲਹਿਰ ਦੀ ਸੁਰੂਆਤ ਕੀਤੀ ਜਾਵੇ ਤਾਂ ਜੋ ਨਸ਼ਿਆਂ ਦੇ ਸ਼ਿਕਾਰ ਹੋਏ ਲੋਕਾਂ ਨੂੰ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ ਅਤੇ ਉਹ ਸਮਾਜਕ-ਆਰਥਿਕ ਵਿਕਾਸ ਵਿੱਚ ਵੱਡਾ ਯੋਗਦਾਨ ਪਾ ਸਕਣ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਅਤੇ ਗਤੀਸ਼ੀਲ ਅਗਵਾਈ ਹੇਠ ਇਸ ਮੁਹਿੰਮ ਲਈ ਪਹਿਲਾਂ ਹੀ ਖਾਕਾ ਤਿਆਰ ਕਰ ਲਿਆ ਗਿਆ ਹੈ ਅਤੇ ਕਿਹਾ ਕਿ ਪ੍ਰਸ਼ਾਸਨ ਇਹ ਯਕੀਨੀ ਬਣਾਉਣ ਲਈ ਪੱਬਾਂ ਭਾਰ ਹੈ ਕਿ ਨਸ਼ਿਆਂ ਦੀ ਬੁਰਾਈ ਦਾ ਸੂਬੇ ਤੋਂ ਪੂਰੀ ਤਰਾਂ ਸਫਾਇਆ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ੇ ਦੇ ਆਦੀ ਨੌਜਵਾਨਾਂ ਦੇ ਇਲਾਜ ਲਈ ਨਸ਼ਾ ਛੁਡਾਊ ਅਤੇ ਓਟ ਕਲੀਨਿਕ ਖੋਲ੍ਹੇ ਹਨ ਜਿਨ੍ਹਾਂ ਵਿੱਚ ਇਲਾਜ਼ ਅਧੀਨ ਲੋਕਾਂ ਵੱਲੋਂ 100 ਫੀਸਦ ਭਰਵਾਂ ਹੁੰਗਾਰਾ ਮਿਲ ਰਿਹਾ ਹੈ. ਉਨ੍ਹਾਂ ਦੱਸਿਆ ਕਿ ਇਹ ਕੇਂਦਰ ਨਸ਼ੇ ਦੇ ਆਦੀ ਨੌਜਵਾਨਾਂ ਦੀ ਜ਼ਿੰਦਗੀ ਬਦਲ ਰਹੇ ਹਨ ਕਿਉਂਕਿ ਇਥੇ ਚੰਗੇ ਇਲਾਜ਼ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਤੋਂ ਛੁਟਕਾਰਾ ਦਿਵਾਉਣ ਵਿਚ ਸਹਾਇਤਾ ਕੀਤੀ ਜਾਂਦੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਪ੍ਰਸ਼ਾਸਨ ਇਨ੍ਹਾਂ ਕੇਂਦਰਾਂ ਵਿੱਚ ਸ਼ੁਰੂ ਕੀਤੇ ਜਾ ਰਹੇ ਵੱਖ ਵੱਖ ਟਰੇਡਾਂ ਵਿੱਚ ਇਨ੍ਹਾਂ ਦੇ ਹੁਨਰ ਨੂੰ ਪਛਾਣ ਕੇ ਰੁਜ਼ਗਾਰ ਦੇ ਮੌਕੇ ਵੀ ਪ੍ਰਦਾਨ ਕਰ ਰਿਹਾ ਹੈ। ਇਸ ਮੌਕੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਨੇ ਦੱਸਿਆ ਕਿ 19 ਜੂਨ ਤੋਂ ਅੱਜ ਤੱਕ ਦੀ ਇੱਕ ਵਿਸ਼ੇਸ਼ ਮੁਹਿੰਮ ਵਿੱਚ, ਲੁਧਿਆਣਾ ਪੁਲਿਸ ਨੇ ਪੀ.ਓਜ, ਜ਼ਮਾਨਤ ‘ਤੇ ਆਏ ਭਗੌੜੇ ਅਤੇ ਪੈਰੋਲ ‘ਤੇ ਹੋਏ ਭਗੌੜਿਆਂ ‘ਤੇ 300 ਛਾਪੇ ਮਾਰੇ ਹਨ। ਨਤੀਜੇ ਵਜੋਂ, 27 ਐਫ.ਆਈ.ਆਰ. ਦਰਜ਼ ਕੀਤੀਆਂ ਗਈਆਂ ਹਨ ਅਤੇ 38 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਹਫ਼ਤੇ ਚੱਲੀ ਇਸ ਮੁਹਿੰਮ ਦੌਰਾਨ 755 ਗ੍ਰਾਮ ਅਫੀਮ, 2.5 ਕਿਲੋ ਭੁੱਕੀ, 10.2 ਕਿੱਲੋ ਗਾਂਜਾ, 125 ਗ੍ਰਾਮ ਹੈਰੋਇਨ, 330 ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।
ਉਨ੍ਹਾਂ ਅੱਗੇ ਕਿਹਾ ਕਿ ਨਸ਼ੇ ਦੇ ਆਦੀ ਦੋਸ਼ੀਆਂ ਖਿਲਾਫ 26 ਕਲੰਦਰੇ ਦਾਇਰ ਕੀਤੇ ਗਏ ਸਨ ਅਤੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ ਅਤੇ ਦੋ ਨਸ਼ਾ ਤਸਕਰਾਂ ਦੀ 61 ਲੱਖ ਰੁਪਏ ਦੀ ਜਾਇਦਾਦ ਨਵੀਂ ਦਿੱਲੀ ਸਥਿਤ ਸਮਰੱਥ ਅਥਾਰਟੀ ਵੱਲੋਂ ਜ਼ਬਤ ਕਰ ਲਈ ਗਈ ਹੈ। 15 ਹੋਰ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਇਨ੍ਹਾਂ ਬਾਰੇ ਜ਼ਬਤ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਰਾਜ ਪੱਧਰੀ ਡਰੱਗ ਡਿਸਪੋਜਲ ਸਕੀਮ ਤਹਿਤ ਖੰਨਾ ਪੇਪਰ ਮਿੱਲ, ਅੰਮ੍ਰਿਤਸਰ ਵਿਖੇ ਅੱਜ ਵਿਧੀ ਅਨੁਸਾਰ 117 ਐਨ.ਡੀ.ਪੀ.ਐਸ. ਕੇਸਾਂ ਦੀਆਂ ਜਾਇਦਾਦਾਂ ਨੂੰ ਨਸ਼ਟ ਕੀਤਾ ਜਾ ਰਿਹਾ ਹੈ।
ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸਤਵਿੰਦਰ ਕੌਰ ਬਿੱਟੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਅਮਰਜੀਤ ਬੈਂਸ, ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਗਿੱਲ ਅਤੇ ਹੋਰ ਵੀ ਹਾਜ਼ਰ ਸਨ।