ਡੈਪੋ ਪ੍ਰੋਗਰਾਮ ਤਹਿਤ ਲੁਧਿਆਣਾ ‘ਚ 29021 ਵਲੰਟੀਅਰ ਤੇ 2442 ਨਸ਼ਾ ਰੋਕੂ ਨਿਗਰਾਮ ਕਮੇਟੀਆਂ ਹਨ ਰਜਿਸਟਰਡ
-ਵਲੰਟੀਅਰ ਤੇ ਕਮੇਟੀਆਂ ਜ਼ਮੀਨੀ ਪੱਧਰ ‘ਤੇ ਨਸ਼ਿਆਂ ਦੇ ਖਾਤਮੇ ਲਈ ਮਹੱਤਵਪੂਰਨ ਸਾਬਤ ਹੋ ਰਹੀਆਂ ਹਨ -ਡੀ.ਸੀ. ਵਰਿੰਦਰ ਕੁਮਾਰ ਸ਼ਰਮਾ
ਲੁਧਿਆਣਾ, 25 ਜੂਨ (ਰਾਜਕੁਮਾਰ ਸਾਥੀ) – 29021 ਵਲੰਟੀਅਰਾਂ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਜੰਗ ਵਿਚ ਪ੍ਰਸ਼ਾਸਨ ਦੇ ਮੋਢੇ ਨਾਲ ਮੋਢਾ ਜੋੜਿਆ ਹੈ, ਡੈਪ ਪ੍ਰੋਗਰਾਮ ਜ਼ਿਲੇ ਵਿਚੋਂ ਨਸ਼ਿਆਂ ਦੀ ਸਮੱਸਿਆ ਨੂੰ ਰੋਕਣ ਵਿਚ ਕਾਮਯਾਬ ਰਿਹਾ ਹੈ।
ਵੇਰਵਿਆਂ ਅਨੁਸਾਰ ਇਸ ਮੁਹਿੰਮ ਵਿੱਚ ਕੁੱਲ 29021 ਵਲੰਟੀਅਰ ਸ਼ਾਮਲ ਹਨ, ਜਿਨ੍ਹਾਂ ਵਿੱਚ ਲੁਧਿਆਣਾ ਪੂਰਬੀ ਤਹਿਸੀਲ ਵਿੱਚ 8491 ਜੋਕਿ ਹੋਰਨਾਂ ਸਬ-ਡਵੀਜ਼ਨਾਂ ਵਿੱਚੋਂ ਸਭ ਤੋਂ ਵੱਧ ਹਨ, ਲੁਧਿਆਣਾ ਪੱਛਮੀ ਵਿੱਚ 6301, ਰਾਏਕੋਟ ਵਿੱਚ 1230, ਸਮਰਾਲਾ ਵਿੱਚ 3065, ਪਾਇਲ ਵਿੱਚ 4302, ਖੰਨਾ ਵਿੱਚ 3332 ਅਤੇ ਜਗਰਾਊਂ ਵਿੱਚ 2300 ਵਲੰਟੀਅਰ ਸ਼ਾਮਲ ਹਨ, ਜਿਨ੍ਹਾਂ ਸਵੈ-ਇੱਛਾ ਨਾਲ ਇਸ ਮੁਹਿੰਮ ਵਿੱਚ ਆਪਣਾ ਬਣਦਾ ਯੋਗਦਾਨ ਪਾਇਆ ਹੈ ਅਤੇ ਸੂਬੇ ਵਿਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਲਾਮਬੰਦ ਹੋਏ ਹਨ।
ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਮੁਹਿੰਮ ਤਹਿਤ ਨਸ਼ਿਆਂ ਵਿਰੁੱਧ ਲੋਕਾਂ ਨੂੰ ਭਾਗੀਦਾਰ ਬਣਨ ਲਈ ਪ੍ਰੇਰਿਤ ਕਰਨ ਲਈ ਯਤਨਸ਼ੀਲ ਹਨ।
ਉਨ੍ਹਾਂ ਕਿਹਾ ਕਿ ਪਿੰਡ ਅਤੇ ਵਾਰਡ ਪੱਧਰ ‘ਤੇ ਲੋਕਾਂ ਨੂੰ ਇਸ ਖ਼ਤਰੇ ਪ੍ਰਤੀ ਜਾਗਰੂਕ ਕਰਨ ਲਈ ਲੋਕ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ, ਜਿਸ ਲਈ ‘ਡੈਪੋ’ ਇੱਕ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਹਨ ਕਿਉਂਕਿ ਇਨ੍ਹਾਂ ਰਾਹੀਂ ਨਸ਼ੇ ਦੇ ਆਦੀ ਵਿਅਕਤੀ ਅਤੇ ਸੰਭਾਵਿਤ ਨਸ਼ੇੜੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪਹਿਲਾਂ ਹੀ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜ ਚੁੱਕੀ ਹੈ ਅਤੇ ਹੁਣ ਸਮੇਂ ਦੀ ਲੋੜ ਹੈ ਕਿ ਨਸ਼ੇ ਦੇ ਆਦੀ ਲੋਕਾਂ ਨੂੰ ਇਸ ਦਲਦਲ ਵਿੱਚੋਂ ਬਾਹਰ ਕੱਢ ਕੇ, ਨਸ਼ੇ ਦੀ ਮੰਗ ਨੂੰ ਹੀ ਖ਼ਤਮ ਕੀਤਾ ਜਾਵੇ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਡੈਪੋ ਪ੍ਰੋਗਰਾਮ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਹਿਲੀ ਕਿਸਮ ਦੀ ਪਹਿਲਕਦਮੀ ਹੈ ਜੋ ਨਸ਼ਿਆਂ ਦੀ ਰੋਕਥਾਮ ਲਈ ਲਾਮਬੰਦ ਹੈ। ਉਨ੍ਹਾਂ ਦਾਅਵਾ ਕੀਤਾ ਕਿ ਡੈਪੋ ਰਾਹੀਂ ਨਸ਼ਿਆਂ ਨਾਲ ਨਜਿੱਠਣ ਲਈ ਵੱਧ ਤੋਂ ਵੱਧ ਲੋਕਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਇਆ ਹੈ।
ਡਿਪਟੀ ਕਮਿਸ਼ਨਰ ਨੇ ਕਲਪਨਾ ਕੀਤੀ ਕਿ ਡੈਪੋ ਲੁਧਿਆਣਾ ਨੂੰ ਨਸ਼ਾ ਮੁਕਤ ਜ਼ਿਲ੍ਹੇ ਵਿੱਚ ਤਬਦੀਲ ਕਰਨ ਲਈ ਪ੍ਰੇਰਣਾ ਸ੍ਰੋਤ ਵਜੋਂ ਕੰਮ ਕਰ ਰਹੇ ਹਨ।
ਉਨ੍ਹਾਂ ਇਹ ਵੀ ਕਿਹਾ ਕਿ 2442 ਨਸ਼ਾ ਰੋਕੂ ਨਿਗਰਾਨ ਕਮੇਟੀਆਂ ਜ਼ਿਲੇ ਵਿਚੋਂ ਜ਼ਮੀਨੀ ਪੱਧਰ ‘ਤੇ ਨਸ਼ਿਆਂ ਦੇ ਖਾਤਮੇ ਲਈ ਪਹਿਲਾਂ ਤੋਂ ਹੀ ਮਹੱਤਵਪੂਰਨ ਸਾਬਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਐਨ.ਆਰ.ਐਨ.ਸੀਜ਼ ਵਿੱਚ ਅਜਿਹੇ ਲੋਕ ਹਨ ਜੋ ਆਪਣੇ ਇਲਾਕੇ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਜੋਸ਼ ਨਾਲ ਭਰੇ ਹੋਏ ਹਨ।
ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਦਾ ਕੰਮ ਲੋਕਾਂ ਦੇ ਸਰਗਰਮ ਸਹਿਯੋਗ ਅਤੇ ਭਾਗੀਦਾਰੀ ਤੋਂ ਬਿਨਾਂ ਪੂਰਾ ਨਹੀਂ ਹੋ ਸਕਦਾ ਅਤੇ ਲੋਕਾਂ ਨੂੰ ਪ੍ਰੋਗਰਾਮ ਦਾ ਹਿੱਸਾ ਬਣਨ ਦੀ ਵੀ ਅਪੀਲ ਕੀਤੀ।