ਬੁੱਢੇ ਨਾਲੇ ਨੂੰ ਢੱਕਣ ਦਾ ਕੰਮ ਦੋ ਮਹੀਨਿਆਂ ‘ਚ ਕੀਤਾ ਜਾਵੇ ਮੁਕੰਮਲ – ਵਿਧਾਇਕ ਅਸ਼ੋਕ ਪਰਾਸ਼ਰ

Share and Enjoy !

Shares

ਪ੍ਰੋਜੈਕਟ ‘ਚ ਬੇਲੋੜੀ ਦੇਰੀ ਲਈ ਅਧਿਕਾਰੀਆਂ ਦੀ ਖਿਚਾਈ ਵੀ ਕੀਤੀ

ਲੁਧਿਆਣਾ (ਰਾਜਕੁਮਾਰ ਸਾਥੀ) । ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵਲੋਂ ਆਪਣੇ ਹਲਕੇ ਤੋਂ ਲੰਘਦੇ ਬੁੱਢੇ ਨਾਲੇ ਨੂੰ ਢੱਕਣ ਦੇ ਪ੍ਰਾਜੈਕਟ ਨੂੰ ਪੂਰਾ ਕਰਨ ਲਈ ਨਗਰ ਨਿਗਮ, ਪੀ.ਐਸ.ਪੀ.ਸੀ.ਐਲ. ਅਤੇ ਠੇਕੇਦਾਰ ਨੂੰ ਦੋ ਮਹੀਨਿਆਂ ਦਾ ਅਲਟੀਮੇਟਮ ਦਿੱਤਾ ਹੈ। ਕੰਮ ਦੇ ਮੁਕੰਮਲ ਹੋਣ ਵਿੱਚ ਹੋ ਰਹੀ ਬੇਲੋੜੀ ਦੇਰੀ ‘ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਵਿਧਾਇਕ ਪੱਪੀ ਵਲੋਂ ਸ਼ਿੰਗਾਰ ਸਿਨੇਮਾ ਨੇੜੇ ਧਰਮਪੁਰਾ ਮੁਹੱਲੇ ਦੀ ਸਥਿਤੀ ਦਾ ਜ਼ਮੀਨੀ ਪੱਧਰ ‘ਤੇ ਜਾਇਜ਼ਾ ਲਿਆ ਅਤੇ ਨਗਰ ਨਿਗਮ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਅਧਿਕਾਰੀਆਂ ਅਤੇ ਠੇਕੇਦਾਰ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਵਿੱਚ ਹੋ ਰਹੀ ਬੇਲੋੜੀ ਦੇਰੀ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜੋਕਿ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇੱਕ ਹਫ਼ਤੇ ਬਾਅਦ ਨਿੱਜੀ ਤੌਰ ‘ਤੇ ਰੋਜ਼ਾਨਾ ਚੱਲ ਰਹੇ ਕੰਮਾਂ ਦੀ ਨਿਗਰਾਨੀ ਕਰਨਗੇ। ਉਨ੍ਹਾਂ ਪੀ.ਐਸ.ਪੀ.ਸੀ.ਐਲ. ਦੇ ਸੀਨੀਅਰ ਅਧਿਕਾਰੀਆਂ ਨਾਲ ਵੀ ਗੱਲ ਕੀਤੀ ਕਿ ਉਹ ਇਸ ਸਥਾਨ ‘ਤੇ ਇੱਕ ਹੋਰ ਟੀਮ ਤਾਇਨਾਤ ਕਰਨ ਅਤੇ ਸੜਕ ਦੇ ਦੋਵੇਂ ਪਾਸੇ ਤੋਂ ਬਿਜਲੀ ਦੇ ਖੰਭਿਆਂ ਨੂੰ ਜਲਦ ਤਬਦੀਲ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਠੇਕੇਦਾਰ ਉੱਥੇ ਸੜਕ ਦਾ ਨਿਰਮਾਣ ਕਰ ਸਕੇ।

ਵਿਧਾਇਕ ਪਰਾਸ਼ਰ ਨੇ ਅੱਗੇ ਕਿਹਾ ਕਿ ਹਲਕਾ ਕੇਂਦਰੀ ਦੇ ਲੋਕਾਂ ਵਲੋਂ ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਸਾਥ ਦਿੱਤਾ ਸੀ ਅਤੇ ਹੁਣ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਹਲਕੇ ਦੇ ਵਸਨੀਕਾਂ ਨਾਲ ਕੀਤੇ ਵਾਅਦਿਆਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ। ਉਨ੍ਹਾਂ ਹਲਕਾ ਨਿਵਾਸੀਆਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਣ ‘ਤੇ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇੱਕ ਮਹੀਨੇ ਦੇ ਅੰਦਰ ਹਲਕੇ ਵਿੱਚ ਲੱਗੇ ਕੂੜੇ ਦੇ ਸਾਰੇ ਢੇਰ ਚੁੱਕਵਾ ਦਿੱਤੇ ਜਾਣਗੇ। ਵਿਧਾਇਕ ਸ੍ਰੀ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ਲੋਕਾਂ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀਆਂ ਨੀਤੀਆਂ ਅਤੇ ਦੂਰਅੰਦੇਸ਼ੀ ‘ਤੇ ਭਰੋਸਾ ਜਤਾਇਆ ਹੈ ਅਤੇ ਇਸ ਲਈ ਉਹ ਆਪਣੇ ਹਲਕੇ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਉਣਗੇ।

Share and Enjoy !

Shares

About Post Author

Leave a Reply

Your email address will not be published. Required fields are marked *