ਲੁਧਿਆਣਾ (ਦੀਪਕ ਸਾਥੀ)। ਪੰਜਾਬ ਸਰਕਾਰ ਦੁਆਰਾ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਨੂੰ ਪਹਿਲ ਦੇਣ ਬਾਰੇ ਜਾਰੀ ਦਾਇਤਾਂ ਪਹਿਲਾਂ ਹੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਇਸ ਸਬੰਧੀ ਵਪਾਰਕ ਅਦਾਰਿਆਂ ਅਤੇ ਦੁਕਾਨਾਂ ਦੇ ਸੂਚਨਾ ਬੋਰਡਾਂ ਉੱਤੇ ਪੰਜਾਬੀ ਭਾਸ਼ਾ ਨੂੰ ਪਹਿਲ ਦੇਣ ਲਈ ਕੀਤੀ ਗਈ ਅਪੀਲ ਨੂੰ ਜ਼ਿਲ੍ਹਾ ਲੁਧਿਆਣਾ ਵਿੱਚ ਲਾਗੂ ਕਰਾਉਣ ਲਈ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ , ਲੁਧਿਆਣਾ ਵਿਖੇ ਵਪਾਰ ਮੰਡਲ ਦੀ ਲੁਧਿਆਣਾ ਇਕਾਈ ਦੇ ਪ੍ਰਤਿਨਿਧੀ ਮੰਡਲ ਨਾਲ਼ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ.ਸੰਦੀਪ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੀਟਿੰਗ ਵਿੱਚ ਵਪਾਰ ਮੰਡਲ ਲੁਧਿਆਣਾ ਦੇ ਜਨਰਲ ਸਕੱਤਰ ਸ਼੍ਰੀ ਪਰਵੀਨ ਸ਼ਰਮਾ ਅਤੇ ਜਨਰਲ ਸਕੱਤਰ ਸ਼੍ਰੀ ਆਯੂਸ਼ ਅਗਰਵਾਲ ਤੇ ਕੁੱਝ ਹੋਰ ਮੈਂਬਰਾਨ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਪੰਜਾਬ ਸਰਕਾਰ ਦੇ ਪੰਜਾਬੀ ਨੂੰ ਪਹਿਲ ਦੇਣ ਸਬੰਧੀ ਫ਼ੈਸਲੇ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਕਰਵਾਉਣ ਲਈ ਵਪਾਰ ਮੰਡਲ ਦੇ ਪ੍ਰਤਿਨਿਧੀਆਂ ਨੇ ਪੂਰਨ ਸਹਿਯੋਗ ਦਾ ਭਰੋਸਾ ਦੁਆਇਆ ਅਤੇ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਦੇ ਬੋਰਡਾਂ ਉੱਪਰ ਪੰਜਾਬੀ ਭਾਸ਼ਾ ਨੂੰ ਪਹਿਲ ਦੇਣ ਦੀ ਅਪੀਲ ਵੀ ਕੀਤੀ। ਜ਼ਿਲ੍ਹਾ ਭਾਸ਼ਾ ਅਫ਼ਸਰ, ਡਾ.ਸੰਦੀਪ ਸ਼ਰਮਾ ਨੇ ਸਰਕਾਰ ਵਲੋਂ ਜਾਰੀ ਆਦੇਸ਼ਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਮੂਹ ਸਰਕਾਰੀ /ਅਰਧ ਸਰਕਾਰੀ / ਦਫ਼ਤਰ /ਵਿਭਾਗ /ਅਦਾਰੇ / ਸੰਸਥਾਵਾਂ / ਵਿੱਦਿਅਕ ਅਦਾਰੇ / ਬੋਰਡਾਂ / ਨਿਗਮਾਂ ਅਤੇ ਗ਼ੈਰਸਰਕਾਰੀ ਸੰਸਥਾਵਾਂ ਦੇ ਨਾਲ ਨਾਲ ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ ਪੱਟੀਆਂ, ਮੀਲ ਪੱਥਰ, ਸੂਚਨਾ ਬੋਰਡ ਲਿਖਣ ਸਮੇਂ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਨੂੰ ਪਹਿਲ ਦਿੱਤੀ ਜਾਵੇ। ਉਹਨਾਂ ਪ੍ਰਤਿਨਿਧੀ ਮੰਡਲ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਵਪਾਰਕ ਅਦਾਰਿਆਂ ਦੇ ਬੋਰਡਾਂ ਉਤੇ ਸਭ ਤੋਂ ਉੱਪਰ ਪੰਜਾਬੀ ਵਿੱਚ ਲਿਖਿਆ ਜਾਵੇ ਅਤੇ ਹੇਠਾਂ ਦੂਜੀਆਂ ਭਾਸ਼ਾਵਾਂ ਵਿੱਚ ਵੀ ਲਿਖਿਆ ਜਾ ਸਕਦਾ ਹੈ ਤਾਂ ਜੋ ਵਪਾਰ ਸੰਬੰਧੀ ਦੂਜੇ ਪ੍ਰਾਂਤਾਂ ਤੋਂ ਆਉਣ ਵਾਲਿਆਂ ਨੂੰ ਕੋਈ ਦਿੱਕਤ ਨਾ ਆਵੇ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਜਾਰੀ ਪੱਤਰ ਵੀ ਵਪਾਰ ਮੰਡਲ ਦੇ ਅਹੁਦੇਦਾਰਾਂ ਨੂੰ ਦਿੱਤਾ ਗਿਆ। ਸ਼੍ਰੀ ਪਰਵੀਨ ਸ਼ਰਮਾ ਅਤੱ ਸ਼੍ਰੀ ਆਯੂਸ਼ ਅਗਰਵਾਲ ਨੇ ਕਿਹਾ ਕਿ ਪੰਜਾਬ ਦੇ ਵਾਸੀ ਹੋਣ ਕਰਕੇ ਸਾਡਾ ਮੁੱਢਲਾ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੀ ਮਾਂ ਬੋਲੀ ਪ੍ਰਤੀ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਈਏ।