ਮੁੱਖ ਦਫ਼ਤਰ ‘ਚ ਵਿਸ਼ੇਸ਼ ਕੈਂਪ ਰਾਹੀਂ ਸੈਂਕੜੇ ਲਾਭਪਾਤਰੀਆਂ ਨੇ ਲਿਆ ਲਾਭ, ਆਯੁਸ਼ਮਾਨ ਭਾਰਤ ਯੋਜਨਾ ‘ਚ 5 ਲੱਖ ਰੁਪਏ ਤੱਕ ਦੇ ਇਲਾਜ ਦੀ ਹੈ ਸੁਵਿਧਾ
ਲੁਧਿਆਣਾ (ਦੀਪਕ ਸਾਥੀ)। ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵਲੋਂ ਯੋਗ ਲਾਭਪਾਤਰੀਆਂ ਨੂੰ ਆਯੂਸ਼ਮਾਨ ਭਾਰਤ ਸਕੀਮ ਤਹਿਤ ਬਣਾਏ ਕਾਰਡ ਵੰਡੇ ਗਏ। ਵਿਧਾਇਕ ਛੀਨਾ ਨੇ ਕਿਹਾ ਕਿ ਆਯੂਸ਼ਮਾਨ ਕਾਰਡ ਬਣਾਉਣ ਵਿੱਚ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ, ਪਾਰਟੀ ਦੇ ਮੁੱਖ ਦਫਤਰ ਵਿੱਚ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ ਜਿਸ ਦਾ ਵੱਡੀ ਗਿਣਤੀ ਵਿੱਚ ਲੋਕਾਂ ਨੇ ਲਾਭ ਲਿਆ। ਉਨ੍ਹਾਂ 300 ਦੇ ਕਰੀਬ ਲਾਭਪਾਤਰੀਆਂ ਨੂੰ ਕਾਰਡ ਸਪੁਰਦ ਕੀਤੇ। ਉਨ੍ਹਾਂ ਦੱਸਿਆ ਕਿ ਇਸ ਸਰਕਾਰੀ ਸਕੀਮ ਰਾਹੀਂ ਲੋਕਾਂ ਨੂੰ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਲਾਭ ਮਿਲ ਸਕੇਗਾ।
ਕਾਰਡ ਵੰਡਣ ਮੌਕੇ ਵਿਧਾਇਕ ਛੀਨਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਮੌਕੇ ਲੋਕਾਂ ਨੂੰ ਸਰਕਾਰੀ ਸਕੀਮ ਦਾ ਲਾਭ ਲੈਣ ਲਈ ਦਫ਼ਤਰਾਂ ਵਿੱਚ ਖੱਜਲ ਖੁਆਰ ਹੋਣਾ ਪੈਂਦਾ ਸੀ ਅਤੇ ਲੋਕ ਆਪਣੇ ਦਸਤਾਵੇਜ਼ ਪੂਰੇ ਨਹੀਂ ਕਰ ਪਾਉਂਦੇ ਸਨ, ਪਰ ਪਾਰਟੀ ਦੇ ਲੁਧਿਆਣਾ ਦੱਖਣੀ ਦੇ ਮੁੱਖ ਦਫ਼ਤਰ ਵਿੱਚ ਜਿੱਥੇ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਉੱਥੇ ਹੈਲਪ ਡੈਸਕ ਦਾ ਵੀ ਪ੍ਰਬੰਧ ਕੀਤਾ ਸੀ, ਜਿਸ ਕਾਰਨ ਵੱਡੀ ਗਿਣਤੀ ਵਿੱਚ ਲੋਕਾਂ ਵਲੋਂ ਆਯੁਸ਼ਮਾਨ ਯੋਜਨਾ ਦਾ ਲਾਭ ਲੈਣ ਲਈ ਕਾਰਡ ਬਣਾਏ ਗਏ। ਉਨ੍ਹਾਂ ਅੱਗੇ ਕਿਹਾ ਕਿ ਲੋਕ ਆਪਣੇ ਦਸਤਾਵੇਜ਼ ਪੂਰੇ ਨਾ ਕਰ ਸਕਣ ਕਾਰਨ ਅਕਸਰ ਸਰਕਾਰੀ ਸਕੀਮਾਂ ਤੋਂ ਵਾਂਝੇ ਰਹਿ ਜਾਂਦੇ ਸਨ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਉਦੇਸ਼ ਸਕੀਮਾਂ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਪਹੁੰਚਾਉਣਾ ਹੈ, ਚਾਹੇ ਉਹ ਕੇਂਦਰ ਸਰਕਾਰ ਦੀਆਂ ਹੋਣ ਜਾਂ ਪੰਜਾਬ ਸਰਕਾਰ ਦੀਆਂ ਸਰਕਾਰੀ ਸਕੀਮਾਂ ਹੋਣ।