ਵਿਦਿਆਰਥੀਆਂ ਨੇ ਵੋਟਰ ਜਾਗਰੂਕਤਾ ਲਈ ਲਘੂ ਸਕਿੱਟਾਂ/ਰੈਲੀਆਂ ਕੀਤੀਆਂ; ਰੰਗੋਲੀ, ਮਹਿੰਦੀ ਮੁਕਾਬਲਿਆਂ ‘ਚ ਵੀ ਲਿਆ ਹਿੱਸਾ
ਲੁਧਿਆਣਾ, (ਦੀਪਕ ਸਾਥੀ)। ਲੋਕ ਸਭਾ ਚੋਣਾਂ-2024 ਦੌਰਾਨ 70 ਫੀਸਦੀ ਤੋਂ ਵੱਧ ਮਤਦਾਨ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ, ਪ੍ਰਸ਼ਾਸਨ ਦੀਆਂ ਟੀਮਾਂ ਘਰ-ਘਰ ਜਾਗਰੂਕਤਾ ਮੁਹਿੰਮਾਂ ਵਿੱਚ ਸਰਗਰਮੀ ਨਾਲ ਸ਼ਾਮਲ ਹਨ, ਜਿਸ ਵਿੱਚ ਯੋਗ ਵਸਨੀਕਾਂ ਨੂੰ ਆਪਣੇ ‘ਵੋਟ ਦੇ ਅਧਿਕਾਰ’ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਐਸ.ਵੀ.ਈ.ਈ.ਪੀ.) ਪ੍ਰੋਗਰਾਮ ਤਹਿਤ ਕੰਮ ਕਰਦੇ ਹੋਏ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਵੀ ਕਰਵਾਈਆਂ ਜਾ ਰਹੀਆਂ ਹਨ। ਅੱਜ ਸਮਰਾਲਾ ਦੇ ਲੇਬਰ ਚੌਕ, ਜਗਰਾਉਂ ਦੇ ਪਿੰਡ ਲੀਲਾਂ ਮੇਘ ਸਿੰਘ, ਪੱਖੋਵਾਲ ਬਲਾਕ ਦੇ ਪਿੰਡ ਮਹਿਮਾਂ ਸਿੰਘ ਵਾਲਾ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਘਰ-ਘਰ ਜਾ ਕੇ ਜਾਗਰੂਕਤਾ ਸਮਾਗਮ ਕਰਵਾਏ ਗਏ। ਪਿੰਡਾਂ ਦੀਆਂ ਸਾਂਝੀਆਂ ਥਾਵਾਂ ‘ਤੇ ਵੀ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਦਾਖਾ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਲਘੂ ਸਕਿੱਟਾਂ ਪੇਸ਼ ਕੀਤੀਆਂ ਅਤੇ ਸੀਨੀਅਰ ਨੈਸ਼ਨਲ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਲਈ ਆਰਤੀ ਚੌਕ ਨੇੜੇ ਜਾਗਰੂਕਤਾ ਰੈਲੀ ਕੱਢੀ। ਰੋਜ਼ ਗਾਰਡਨ ਨੇੜੇ ਜੀ.ਜੀ.ਐਨ. ਪਬਲਿਕ ਸਕੂਲ, ਭਾਰਤ ਨਗਰ ਚੌਕ ਨੇੜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਾਹਨੇਵਾਲ ਦੇ ਸਰਕਾਰੀ ਸਕੂਲ ਆਦਿ ਵਿੱਚ ਰੰਗੋਲੀ ਅਤੇ ਮਹਿੰਦੀ ਦੇ ਮੁਕਾਬਲੇ ਕਰਵਾਏ ਗਏ।
ਟੈਕਸਟਾਈਲ ਕਲੋਨੀ, ਸਰਕਾਰੀ ਕਾਲਜ ਸਿੱਧਸਰ (ਪਾਇਲ), ਡੀ.ਡੀ. ਜੈਨ ਕਾਲਜ ਕਿਦਵਈ ਨਗਰ ਆਦਿ ਵਿੱਚ ਵੀ ਵੋਟਰ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਕੈਂਪ ਲਗਾਏ ਗਏ। ਜਿੱਥੇ ਰਜਿਸਟਰਡ ਵੋਟਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ, ਉੱਥੇ ਹੀ ਜਿਹੜੇ ਯੋਗ ਵਸਨੀਕਾਂ ਨੇ ਅਜੇ ਤੱਕ ਆਪਣੀ ਰਜਿਸਟਰੇਸ਼ਨ ਨਹੀਂ ਕਰਵਾਈ ਹੈ, ਉਨ੍ਹਾਂ ਨੂੰ ਵੋਟਰ ਵਜੋਂ ਆਪਣਾ ਨਾਮ ਰਜਿਸਟਰ ਕਰਵਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਯੋਗ ਵਸਨੀਕ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਵਾਉਣ ਲਈ ‘ਵੋਟਰ ਹੈਲਪਲਾਈਨ’ ਮੋਬਾਈਲ ਐਪਲੀਕੇਸ਼ਨ ਅਤੇ ਨੈਸ਼ਨਲ ਵੋਟਰ ਸਰਵਿਸਿਜ਼ ਪੋਰਟਲ (ਐਨ.ਵੀ.ਐਸ.ਪੀ.) ਦੀ ਵਰਤੋਂ ਕਰ ਸਕਦੇ ਹਨ। ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਨਿਵਾਸੀ www.nvsp.in ‘ਤੇ ਵੀ ਜਾ ਸਕਦੇ ਹਨ। ਨਿਵਾਸੀ 3 ਮਈ, 2024 ਤੱਕ ਵੋਟਰ ਵਜੋਂ ਆਪਣਾ ਨਾਮ ਰਜਿਸਟਰ ਕਰਵਾ ਸਕਦੇ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਉਦੇਸ਼ ਲੋਕ ਸਭਾ ਚੋਣਾਂ-2024 ਦੌਰਾਨ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਅਤੇ 70 ਫੀਸਦੀ (ਇਸ ਵਾਰ, 70 ਪਾਰ) ਤੋਂ ਵੱਧ ਮਤਦਾਨ ਦੇ ਟੀਚੇ ਨੂੰ ਪ੍ਰਾਪਤ ਕਰਨਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇੱਕ ਮਜ਼ਬੂਤ ਲੋਕਤੰਤਰ ਲਈ ਪੋਲਿੰਗ ਵਾਲੇ ਦਿਨ (1 ਜੂਨ) ਨੂੰ ਅੱਗੇ ਆਉਣ ਅਤੇ ਆਪਣੀ ਵੋਟ ਪਾਉਣ, ਜਿਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਦੇ ਬਿਹਤਰ ਭਵਿੱਖ ਦੇ ਨਿਰਮਾਣ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਪੋਲਿੰਗ ਸਟੇਸ਼ਨਾਂ ‘ਤੇ ਦਿਵਿਆਂਗ ਵਿਅਕਤੀਆਂ ਸਮੇਤ ਵੋਟਰਾਂ ਦੀ ਸਹੂਲਤ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਉਹ ਅਰਾਮ ਨਾਲ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ।