ਸਤਿਗੁਰੂ ਰਾਮ ਸਿੰਘ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਰਾਜ ਪੱਧਰੀ ਸਮਾਗਮ 16 ਫਰਵਰੀ ਨੂੰ
ਸ੍ਰੀ ਭੈਣੀ ਸਾਹਿਬ ਵਿਖੇ ਮਨਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਮੌਕੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਹੋਣਗੇ ਮੁੱਖ ਮਹਿਮਾਨ
ਲੁਧਿਆਣਾ (ਰਾਜਕੁਮਾਰ ਸਾਥੀ)। ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੇ 205ਵੇਂ ਪ੍ਰਕਾਸ਼ ਉਤਸਵ ‘ਤੇ ਰਾਜ ਪੱਧਰੀ ਸਮਾਗਮ 16 ਫਰਵਰੀ ਨੂੰ ਸ੍ਰੀ ਭੈਣੀ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਜਿਸ ਵਿੱਚ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਮੁੱਖ ਮਹਿਮਾਨ ਵਜੋਂ ਪੁੱਜਣਗੇ। ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਇਸ ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਇਹ ਰਾਜ ਪੱਧਰੀ ਸਮਾਗਮ ਦਾ ਆਯੋਜਨ ਸ੍ਰੀ ਭੈਣੀ ਸਾਹਿਬ ਵਿਖੇ ਕੀਤਾ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਤੋਂ ਇਲਾਵਾ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ, ਐਮ.ਪੀ. ਸਾਹਿਬਾਨ, ਵਿਧਾਇਕ ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਉਚੇਚੇ ਤੌਰ ‘ਤੇ ਸ਼ਿਰਕਤ ਕਰਨਗੀਆਂ। ਇਸ ਤੋਂ ਇਲਾਵਾ ਦੇਸ਼-ਵਿਦੇਸ਼ ਦੇ ਹਰ ਕੋਨੇ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ।