ਲੁਧਿਆਣਾ, 29 ਅਕਤੂਬਰ (ਰਾਜਕੁਮਾਰ ਸਾਥੀ)। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਲੁਧਿਆਣਾ ਜ਼ਿਲ੍ਹੇ ਵਿੱਚ ਰਾਤ 8 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ਨਾ ਹੋਣ ਦਿੱਤੀ ਜਾਵੇ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਝੋਨੇ ਦੇ ਖਰੀਦ ਕਾਰਜ਼ਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ਵਿੱਚ ਰਾਤ 8 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਫ਼ਸਲ ਦੀ ਕਟਾਈ ‘ਤੇ ਪਹਿਲਾਂ ਹੀ ਪਾਬੰਦੀ ਲਗਾਈ ਹੋਈ ਹੈ। ਉਨ੍ਹਾਂ ਕਿਹਾ ਕਿ ਰਾਤ ਦੇ ਸਮੇਂ ਦੌਰਾਨ ਫ਼ਸਲ ‘ਤੇ ਤ੍ਰੇਲ ਪੈ ਜਾਂਦੀ ਹੈ ਅਤੇ ਜੇਕਰ ਕਿਸਾਨ ਇਨ੍ਹਾਂ ਘੰਟਿਆਂ ਦੌਰਾਨ ਫ਼ਸਲ ਦੀ ਕਟਾਈ ਕਰਦੇ ਹਨ ਤਾਂ ਖ਼ਰੀਦ ਏਜੰਸੀਆਂ ਨੂੰ ਅਨਾਜ ਵਿੱਚ ਨਮੀ ਦੀ ਮਾਤਰਾ ਵੱਧ ਹੋਣ ਕਾਰਨ ਖ਼ਰੀਦ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਝੋਨੇ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਦੇਖਣ ਨੂੰ ਮਿਲ ਰਹੀ ਹੈ, ਇਸ ਲਈ ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀ ਵੀ ਚੌਕਸ ਰਹਿਣ ਅਤੇ ਆਪਣੇ ਅਧਿਕਾਰ ਖੇਤਰਾਂ ਵਿੱਚ ਰਾਤ 8 ਵਜੇ ਤੋਂ ਸਵੇਰੇ 10 ਵਜੇ ਤੱਕ ਕਟਾਈ ਨਾ ਹੋਣ ਨੂੰ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬੇ ਵਿੱਚ 3 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਜ਼ਿਲ੍ਹੇ ਭਰ ਦੀਆਂ ਮੰਡੀਆਂ ਵਿੱਚ 775093 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਏਜੰਸੀਆਂ ਵੱਲੋਂ 750876 ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਝੋਨੇ ਦੀ ਖਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਲਿਫਟਿੰਗ ਕਰਨ ਦੇ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਖਰੀਦ ਏਜੰਸੀਆਂ ਨੇ ਕੁੱਲ ਖਰੀਦੇ ਗਏ ਅਨਾਜ ਵਿੱਚੋਂ ਲਗਭਗ 93 ਫੀਸਦ ਦੀ ਲਿਫਟਿੰਗ ਕਰ ਲਈ ਹੈ। ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਣ ਤੱਕ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ 1222.83 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ, ਜੋ ਕਿਸਾਨਾਂ ਦੀ ਕੁੱਲ ਅਦਾਇਗੀ ਦਾ 100 ਫੀਸਦ ਹਿੱਸਾ ਬਣਦੀ ਹੈ। ਉਨ੍ਹਾਂ ਕਿਹਾ ਕਿ ਖਰੀਦ ਕਾਰਜਾਂ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਸਾਲ ਜ਼ਿਲ੍ਹੇ ਵਿੱਚ ਕਰੀਬ 17.53 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਣ ਦੀ ਉਮੀਦ ਹੈ।