ਲੁਧਿਆਣਾ, 30 ਜੂਨ (ਰਾਜਕੁਮਾਰ ਸਾਥੀ) – ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐਸ) 2016 ਬੈਚ ਦੇ ਅਧਿਕਾਰੀ ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਅੱਜ ਲੁਧਿਆਣਾ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਜੋਂ ਆਪਣਾ ਅਹੁੱਦਾ ਸੰਭਾਲਿਆ।
ਸ੍ਰੀ ਪੰਚਾਲ ਨੂੰ ਹਾਲ ਹੀ ਵਿੱਚ ਰਾਜ ਸਰਕਾਰ ਵੱਲੋਂ ਹੁਸ਼ਿਆਰਪੁਰ ਤੋਂ ਬਦਲਿਆ ਗਿਆ ਹੈ, ਜਿੱਥੇ ਉਹ ਬਤੌਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਤੇ ਨਗਰ ਨਿਗਮ ਕਮਿਸ਼ਨਰ ਦੇ ਤੌਰ ‘ਤੇ ਆਪਣੀ ਸੇਵਾ ਨਿਭਾ ਰਹੇ ਸਨ।
ਆਪਣੇ ਨਵੇਂ ਦਫ਼ਤਰ ਦਾ ਚਾਰਜ ਸੰਭਾਲਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਨੂੰ ਹੋਰ ਬਿਹਤਰ ਢੰਗ ਨਾਲ ਲਾਗੂ ਕਰਨ ਨੂੰ ਤਰਜੀਹ ਦੇਣਗੇ।
ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਪੰਜਾਬ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮਾਂ ਜਿਵੇਂ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ (ਐਮ.ਜੀ.ਐਸ.ਵੀ.ਵਾਈ), ਘਰ-ਘਰ ਰੋਜ਼ਗਾਰ ਮਿਸ਼ਨ, ਸਮਾਰਟ ਵਿਲੇਜ ਮੁਹਿੰਮ ਅਤੇ ਹੋਰਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ‘ਤੇ ਹੋਵੇਗਾ ਅਤੇ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਨਰੇਗਾ) ਤਹਿਤ ਪੇਂਡੂ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ।
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਪਣੇ ਦਫ਼ਤਰ ਵਿਚ ਸਟਾਫ ਨਾਲ ਮੁੱਢਲੀ ਮੀਟਿੰਗ ਦੌਰਾਨ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਰਾਜ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਦੇ ਲਾਭ ਲੋਕਾਂ ਨੂੰ ਜ਼ਮੀਨੀ ਪੱਧਰ ‘ਤੇ ਪਹੁੰਚਾਏ ਜਾ ਸਕਣ।