ਲੁਧਿਆਣਾ, 10 ਨਵੰਬਰ (ਰਾਜਕੁਮਾਰ ਸਾਥੀ)। ਲੁਧਿਆਣਾ ਜਿਲ੍ਹੇ ਵਿੱਚ 09 ਨਵੰਬਰ ਨੂੰ ਦਿਵਿਆਂਗ ਵਿਅਕਤੀਆਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਸਥਾਨਕ ਬ੍ਰੇਲ ਭਵਨ, ਜਮਾਲਪੁਰ, ਲੁਧਿਆਣਾ ਵਿਖੇ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਸੰਦੀਪ ਕੁਮਾਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਦੇ ਮਾਨਯੋਗ ਡਾਇਰੈਕਟਰ ਸ. ਦਵਿੰਦਰ ਸਿੰਘ ਖਰਬੰਦਾ ਵੱਲੋਂ ਸਮਾਗਮ ਦੀ ਸੁਰੂਆਤ ਕੀਤੀ ਅਤੇ ਦਿਵਿਆਂਗ ਵਿਅਕਤੀਆਂ ਨਾਲ ਗੱਲਬਾਤ ਕੀਤੀ ਗਈ। ਇਸ ਵਿਚ ਸਾਰਥਕ ਐਨ.ਜੀ.ਓ. ਅਤੇ ਬੀ.ਐਲ.ਓਜ ਵੱਲੋਂ ਆਪਣੇ ਕੈਂਪ ਲਗਾਏ ਗਏ ਅਤੇ ਅੰਗਹੀਣ ਵਿਅਕਤੀਆਂ ਦੀ ਰਜਿਸ਼ਟ੍ਰੇਸ਼ਨ ਕੀਤੀ ਗਈ ਅਤੇ ਜਾਗਰੂਕਤਾ ਸਬੰਧੀ ਪੈਂਫਲੇਟ ਵੀ ਵੰਡੇ ਗਏ। ਇਸ ਸਮਾਗਮ ਦਾ ਮੁੱਖ ਮੰਤਵ ਅੰਗਹੀਣ ਵਿਅਕਤੀਆਂ ਨੂੰ ਜਾਗਰੂਕ ਕਰਨਾ ਹੈ ਕਿ ਉਨ੍ਹਾਂ ਦੀ ਵੋਟ ਸਮਾਜ ਲਈ ਬੇਹੱਦ ਜਰੂਰੀ ਹੈ ਕਿਉਂ ਕਿ ਹਰੇਕ ਦਿਵਿਆਂਗ ਵਿਅਕਤੀ ਸਮਾਜ ਦਾ ਇਕ ਬਹੁਤ ਮਹੱਤਵਪੂਰਨ ਅੰਗ ਹੈ ਅਤੇ ਹਰੇਕ ਵਿਅਕਤੀ ਦਾ ਵੋਟਾਂ ਵਿਚ ਭਾਗ ਲੈਣਾ ਵੀ ਬਹੁਤ ਜਰੂਰੀ ਹੈ। ਉਨ੍ਹਾਂ ਸਾਰੇ ਦਿਵਿਆਂਗ ਵਿਅਕਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਵੋਟ ਬਣਾਉਣ ਲਈ ਆਪਣੀ ਰਜਿਸ਼ਟ੍ਰੇਸ਼ਨ ਜਰੂਰ ਕਰਵਾਉਣ ਅਤੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ।