ਲੁਧਿਆਣਾ (ਰਾਜਕੁਮਾਰ ਸਾਥੀ) । ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਹ ਮੋਤੀ ਨਗਰ ਵਿਖੇ ਗੁੱਜਰ ਭਾਈਚਾਰੇ ਵੱਲੋਂ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਨ ਲਈ ਲੁਧਿਆਣਾ ਆਏ ਹੋਏ ਸਨ।
ਇਸ ਮੌਕੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਰਜਿੰਦਰਪਾਲ ਕੌਰ ਛੀਨਾ, ਹਾਕਮ ਸਿੰਘ ਠੇਕੇਦਾਰ ਦੇ ਨਾਲ ਡਿਪਟੀ ਸਪੀਕਰ ਨੇ ਕਿਹਾ ਕਿ ਸੂਬਾ ਸਰਕਾਰ ਨੇ ਦੋਵਾਂ ਸੈਕਟਰਾਂ ਲਈ ਬਜਟ ਦੀ ਵੰਡ ਵਿੱਚ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਹਿਲੇ ਬਜਟ ਵਿੱਚ 100 ਸਕੂਲ ਆਫ਼ ਐਕਸੀਲੈਂਸ ਅਤੇ 16 ਮੈਡੀਕਲ ਕਾਲਜਾਂ ਦਾ ਐਲਾਨ ਕੀਤਾ ਗਿਆ, ਜੋਕਿ ਪੰਜਾਬ ਵਿੱਚ ਸਿੱਖਿਆ ਅਤੇ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਸ. ਰੋੜੀ ਨੇ ਜ਼ੋਰ ਦੇ ਕੇ ਕਿਹਾ ਕਿ ਨਸ਼ਾਖੋਰੀ, ਬੇਰੁਜ਼ਗਾਰੀ ਅਤੇ ਅਨਪੜ੍ਹਤਾ ਸਮਾਜ ਦੇ ਸਭ ਤੋਂ ਵੱਡੇ ਦੁਸ਼ਮਣ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਇਨ੍ਹਾਂ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਹਰ ਮਸਲੇ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਮੱਤੇਵਾੜਾ ਸੜ੍ਹਕ ਦੀ ਤੁਰੰਤ ਮੁਰੰਮਤ ਕਰਵਾਉਣ ਦੀ ਮੰਗ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਜਲਦ ਹੀ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ ਅਤੇ ਜਲਦ ਹੀ ਕਾਰਵਾਈ ਕੀਤੀ ਜਾਵੇਗੀ।
ਸਮਾਗਮ ਦੌਰਾਨ ਗੁੱਜਰ ਭਾਈਚਾਰੇ ਦੀ ਸੰਸਥਾ ਵੱਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ। ਜ਼ਿਲ੍ਹੇ ਵਿੱਚ ਪਹਿਲੀ ਵਾਰ ਪਹੁੰਚਣ ‘ਤੇ ਉਨ੍ਹਾਂ ਨੂੰ ਪੁਲਿਸ ਕਮਿਸ਼ਨਰੇਟ ਲੁਧਿਆਣਾ ਵੱਲੋਂ ਕਮਿਊਨਿਟੀ ਸੈਂਟਰ ਵਿਖੇ ਗਾਰਡ ਆਫ਼ ਆਨਰ ਵੀ ਦਿੱਤਾ ਗਿਆ। ਬਾਅਦ ਵਿੱਚ ਡਿਪਟੀ ਸਪੀਕਰ ਨੇ ਲੁਧਿਆਣਾ ਫੋਟੋਗ੍ਰਾਫਰਜ਼ ਕਲੱਬ ਵੱਲੋਂ ਕਰਵਾਈ ਗਈ ਜਨਰਲ ਮੀਟਿੰਗ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਡਾ. ਕੌਸਤਭ ਸ਼ਰਮਾ ਅਤੇ ਆਮ ਆਦਮੀ ਪਾਰਟੀ ਦੇ ਆਗੂ ਸੁਰੇਸ਼ ਗੋਇਲ, ਹਰਭੁਪਿੰਦਰ ਸਿੰਘ ਧਰੌੜ ਅਤੇ ਹੋਰ ਵੀ ਮੌਜੂਦ ਸਨ।