ਪੰਜਾਬ ਨਿਰਮਾਣ ਪ੍ਰੋਗਰਾਮ ਅਧੀਨ ਛੱਤ ‘ਤੇ ਸੋਲਰ ਪੈਨਲ ਸਥਾਪਤ ਕਰਨ ਲਈ 3 ਲੱਖ ਰੁਪਏ ਦੀ ਰਾਸ਼ੀ ਵਾਲਾ ਚੈਕ ਕੀਤਾ ਭੇਂਟ
ਲੁਧਿਆਣਾ, 12 ਨਵੰਬਰ (ਰਾਜਕੁਮਾਰ ਸਾਥੀ)। ਨਗਰ ਨਿਗਮ ਕੌਂਸਲਰ ਮਮਤਾ ਆਸ਼ੂ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੈਨਸ਼ਨਰਜ਼ ਭਵਨ ਦੀ ਇਮਾਰਤ ਦੇ ਨਵੀਨੀਕਰਣ ਅਤੇ ਛੱਤ ‘ਤੇ ਸੋਲਰ ਪੈਨਲ ਲਗਾਉਣ ਲਈ 6 ਲੱਖ ਰੁਪਏ ਦੀ ਗ੍ਰਾਂਟ ਸਪੁਰਦ ਕੀਤੀ ਗਈ। ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਤਰਫੋਂ ਕੈਬਨਿਟ ਮੰਤਰੀ ਦੇ ਅਖਤਿਆਰੀ ਫੰਡਾਂ ਵਿੱਚੋਂ ਭਵਨ ਦੀ ਇਮਾਰਤ ‘ਤੇ ਰੂਫਟਾਪ ਸੋਲਰ ਪੈਨਲ ਲਗਾਉਣ ਲਈ 3 ਲੱਖ ਰੁਪਏ ਦਾ ਚੈਕ ਸੌਂਪਿਆ, ਜਦਕਿ ਪੰਜਾਬ ਨਿਰਮਾਣ ਪ੍ਰੋਗਰਾਮ (ਪੀ.ਐਨ.ਪੀ.) ਤਹਿਤ ਇਮਾਰਤ ਦੇ ਨਵੀਨੀਕਰਨ ਲਈ 3 ਲੱਖ ਰੁਪਏ ਵਾਧੂ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ। ਭਵਨ ਵਿਖੇ ਹੋਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਮਮਤਾ ਆਸ਼ੂ ਨੇ ਦੱਸਿਆ ਕਿ ਪੰਜਾਬ ਸਰਕਾਰ ਬਜ਼ੁਰਗ ਪੈਨਸ਼ਨਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਇੱਕ ਪ੍ਰਣਾਲੀ ਤਿਆਰ ਕੀਤੀ ਗਈ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।